ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪ੍ਰਫੁੱਲਤ ਕਰਨ ਲਈ ਗੁਰਦੁਆਰਾ ਸਾਹਿਬਾਨ ਅੱਜ ਪੂਰੀ ਦੁਨੀਆਂ ਵਿਚ ਸਥਾਪਤ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਰੈਲੀ ਦੌਰਾਨ ਗੁਰਦੁਆਰਾ ਸਾਹਿਬਾਨ ਬਾਰੇ ਨਫ਼ਰਤੀ ਬਿਆਨ ਭਾਜਪਾ ਆਗੂਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਸੋਚ ਨੂੰ ਢਾਹ ਲਾਉਣ ਦੀ ਸਾਜ਼ਿਸ਼ ਹੈ, ਜੋ ਪੁਰਾਤਨ ਸਮੇਂ ਵੀ ਚੱਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਇਹ ਪ੍ਰਵਿਰਤੀ ਦੇਸ਼ ਅੰਦਰ ਜਾਣਬੁਝ ਕੇ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ਼ ਅਤੇ ਸਮਾਜ ਨੂੰ ਜਿਸ ਸੰਕੀਰਨ ਸੋਚ ਵਿਚੋਂ ਬਾਹਰ ਕੱਢ ਕੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਸੀ, ਅੱਜ ਉਸੇ ਸੋਚ ਵੱਲ ਭਾਜਪਾ ਆਗੂ ਮੁੜ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿਤਿਆਨਾਥ ਵੀ ਸਟੇਜ ’ਤੇ ਮੌਜੂਦ ਸਨ, ਜਿਨ੍ਹਾਂ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ। ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਵੀ ਸ੍ਰੀ ਆਦਿਤਿਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕਾਂਗਰਸ ਨੇ ਵੀ ਇਸੇ ਸੋਚ ਤਹਿਤ ਸਿੱਖਾਂ ਦੇ ਗੁਰਧਾਮਾਂ ’ਤੇ ਹਮਲੇ ਕੀਤੇ ਸਨ ਅਤੇ ਅੱਜ ਭਾਜਪਾ ਵੀ ਉਸੇ ਰਾਹ ’ਤੇ ਤੁਰਦੀ ਨਜ਼ਰ ਆ ਰਹੀ ਹੈ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਸਥਾਨ ਦੀ ਰੈਲੀ ਦੌਰਾਨ ਸਿੱਖ ਵਿਰੋਧੀ ਬਿਆਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਆਦਿਤਿਆਨਾਥ ਸਮੇਤ ਰੈਲੀ ਦੇ ਪ੍ਰਬੰਧਕ ਤੇ ਬਿਆਨ ਦੇਣ ਵਾਲਾ ਵਿਅਕਤੀ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗਣ ਅਤੇ ਭਾਰਤੀ ਜਨਤਾ ਪਾਰਟੀ ਵੀ ਇਸ ਬਾਰੇ ਆਪਣਾ ਪੱਖ ਸਪਸ਼ਟ ਕਰੇ।

Share this content:

Previous post

ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ

Next post

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

Post Comment

You May Have Missed

Wordpress Social Share Plugin powered by Ultimatelysocial