ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਅਕਤੂਬਰ ਵਿੱਚ ਦੁੱਧ ਉਤਪਾਦਾਂ ਅਤੇ ਮਠਿਆਈਆਂ ਦੇ 934 ਸੈਂਪਲ ਲਏ
ਚੰਡੀਗੜ੍ਹ, 3 ਨਵੰਬਰ: ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੁੱਧ, ਦੁੱਧ ਤੋਂ ਬਣੀਆਂ ਵਸਤਾਂ ਅਤੇ ਮਠਿਆਈਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੇ ਦੁੱਧ ਉਤਪਾਦਨ ਇਕਾਈਆਂ, ਡਿਸਟ੍ਰੀਬਿਊਸ਼ਨ ਨੈੱਟਵਰਕ ਅਤੇ ਰਿਟੇਲ ਆਊਟਲੇਟਸ ‘ਤੇ ਨਿਗਰਾਨੀ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਦੀ ਸਮੱਸਿਆ ਨਾਲ ਨਜਿੱਠਣ ਅਤੇ ਮਿਆਰੀ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਉਣ ਲਈ ਅੰਤਰ-ਜ਼ਿਲ੍ਹਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਮਿਲਾਵਟ ਦਾ ਪਤਾ ਲਗਾਉਣ ਲਈ ਇਨ੍ਹਾਂ ਉਤਪਾਦਾਂ ਦੇ ਨਿਯਮਤ ਨਮੂਨੇ ਲੈਣ ਦੇ ਨਾਲ-ਨਾਲ ਇਸ ਦੀ ਟੈਸਟਿੰਗ ਕਰ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਦੁਕਾਨ ‘ਤੇ ਮਿਲਾਵਟ ਦਾ ਸ਼ੱਕ ਹੋਣ ‘ਤੇ ਇਸ ਸਬੰਧੀ ਰਿਪੋਰਟ ਕਰਨ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਗੁਣਵੱਤਾ ਦੇ ਮਾਪਦੰਡਾਂ ਨਾਲ ਸਮਝੌਤਾ ਕਰਨ ਵਾਲੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਸਲ ਉਤਪਾਦਾਂ ਦੀ ਪਛਾਣ ਕਰਨ ਅਤੇ ਭੋਜਨ ਵਿੱਚ ਮਿਲਾਵਟ ਸਬੰਧੀ ਸ਼ੱਕੀ ਗਤੀਵਿਧੀਆਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕਰਨ ਲਈ ਜਨ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।

Share this content:



Post Comment